ਕੇਲੋਂ(ਕੈਲ) ਦੇ ਰੁੱਖ ਉੱਪਰ ਚੜ੍ਹੀ ਹੋਈ ਨੂੰ ਵੇਲ ਨੂੰ ਇਕ ਆਜੜੀ, ਧੂਹ ਧਾਹ ਕੇ ਹੇਠਾਂ ਲਾਹ ਰਿਹਾ ਸੀ ਤਾਂ ਜੋ ਅਪਣੇ ਇੱਜੜ ਨੂੰ ਖੁਆ ਸਕੇ, ਇਹ ਘਟਨਾ ਭਾਈ ਵੀਰ ਸਿੰਘ ਹੁਰਾਂ ਦੇ ਸਾਹਮਣੇ ਵਾਪਰੀ ਅਤੇ ਉਨ੍ਹਾਂ ਅੰਦਰ ਹੇਠਾਂ ਦਿੱਤੀ ਨਜ਼ਮ ਦਾ ਉਦੈ ਹੋਇਆ:
ਹਾਇ ਨ ਧਰੀਕ ਸਾਨੂੰ,
ਹਾਇ ਵੇ ਨ ਮਾਰ ਖਿੱਚਾਂ,
ਹਾਇ ਨ ਵਿਛੋੜ, ਗਲ
ਲੱਗਿਆਂ ਨੂੰ ਪਾਪੀਆ !
ਹਾਇ, ਨ ਤੁਣੁੱਕੇ ਮਾਰੀਂ !
ਖਿੱਚ ਨ ਫਟੱਕੇ ਦੇ ਦੇ,
ਵਰ੍ਹਿਆਂ ਦੀ ਲੱਗੀ ਸਾਡੀ
ਤੋੜ ਨ ਸਰਾਪੀਆ ।
ਹਾਇ ਨ ਵਲੂੰਧਰੀਂ ਵੇ !
ਸੱਟੀਂ ਨ ਉਤਾਰ ਭੁੰਞੇਂ,
ਸਜਣ ਗਲੋਂ ਟੁੱਟਿਆਂ
ਹੋ ਜਾਸਾਂ ਇਕਲਾਪੀਆ !
ਮੇਰੇ ਹੱਡ ਤਾਣ ਨਾਹੀਂ,
ਸੱਕਾਂ ਨ ਖੜੋਇ ਪੈਰੀਂ,
ਖੜੀ ਸਜਣ ਆਸਰੇ ਹਾਂ,
ਅਬਲਾ ਮੈਂ ਅਮਾਪੀਆ !
ਪਯਾਰੇ ਨ ਵਿਛੋੜੀਏ ਵੇ
ਮਿਲੇ ਨ ਨਿਖੇੜੀਏ ਵੇ,
ਆਸਰੇ ਨ ਤੋੜੀਏ ਵੇ,
ਅਵੇ ! ਪਾੜੀਏ ਨ ਜੋੜੀਆਂ ।
ਵਸਲ ਵੇਖ ਖੀਝੀਏ ਨਾ,
ਅੱਡ ਕਰ ਰੀਝੀਏ ਨਾ,
ਇਕ ਹੋਈਆਂ ਜਿੰਦੀਆਂ ਦੀਆਂ
ਹੁੰਦੀਆਂ ਨਹੀਓਂ ਕੋੜੀਆਂ ।
ਵਿੱਥ ਵਾਲੇ ਜੱਗ ਵਿਚ
ਵਿੱਥਾਂ ਪਈਆਂ ਚੱਪੇ ਚੱਪੇ,
ਅੱਡ ਅੱਡ ਸਭ ਕੋਈ,
ਜੋੜੀਆਂ ਨੀ ਥੋੜੀਆਂ ।
ਵਿੱਥਾਂ ਮੇਟ ਇੱਕੋ ਹੋਏ
ਉਹਨਾਂ ਵੇਖ ਰੀਝਣਾਂ ਵੇ
ਬਾਹੀਂ ਗਲੇ ਲਿਪਟੀਆਂ
ਨ ਚਾਹੀਏ ਕਦੇ ਤੋੜੀਆਂ ~
|