|
__ਇੱਕ ਝਾਤ ਮਾਝੀ ਭਾਸ਼ਾ 'ਤੇ_ |
ਮਾਝੀ 'ਮਾਝਾ' ਸ਼ਬਦ ਦਾ ਮੂਲ ਅਰਥ ਹੈ ਮੱਧ, ਭਾਵ ਕੇਂਦਰ, ਵਿਚਕਾਰਲਾ ਜਾਂ ਦਰਮਿਆਨਾ ਹੈ। ਪੰਜਾਬ ਪੰਜ ਦਰਿਆਵਾਂ ਦੀ ਧਰਤੀ ਦਾ ਨਾਂ ਹੈ। ਇਨ੍ਹਾਂ ਪੰਜ ਦਰਿਆਵਾਂ ਵਿੱਚ ਦੋ ਦਰਿਆਵਾਂ ਦਾ ਨਾਂ ਰਾਵੀ ਅਤੇ ਬਿਆਸ ਹੈ। ਇਨ੍ਹਾਂ ਦੋਹਾਂ ਦਰਿਆਵਾਂ ਦੇ ਵਿਚਕਾਰਲੇ ਇਲਾਕੇ ਨੂੰ ਮਾਝਾ ਕਿਹਾ ਜਾਣ ਲੱਗ ਪਿਆ। ਇਸ ਮੱਝਲੇ ਖੇਤਰ ਵਿੱਚ ਬੋਲੀ ਜਾਣ ਵਾਲੀ ਭਾਸ਼ਾ ਦਾ ਨਾਂ ਮਾਝੀ ਪੈ ਗਿਆ। * ਖੇਤਰ ਮਾਝੀ ਹੁਣ ਭਾਰਤੀ ਪੰਜਾਬ ਅਤੇ ਪਾਕਿਸਤਾਨੀ ਪੰਜਾਬ ਦੇ ਆਰਪਾਰ ਦੀਆਂ ਸਰਹੱਦਾਂ ਉੱਤੇ ਬੋਲੀ ਜਾਂਦੀ ਹੈ। ਭਾਰਤੀ ਪੰਜਾਬ ਵਿੱਚ ਮਾਝੀ ਪੂਰੇ ਜ਼ਿਲਾ ਅੰਮ੍ਰਿਤਸਰ, ਗੁਰਦਾਸਪੁਰ ਦੀਆਂ ਦੋ ਤਹਿਸੀਲਾਂ-ਗੁਰਦਾਸਪੁਰ ਅਤੇ ਬਟਾਲਾ ਵਿੱਚ ਬੋਲੀ ਜਾਂਦੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਜ਼ਿਲੇ ਦੇ ਕੁਝ ਖੇਤਰਾਂ ਵਿੱਚ ਵੀ ਮਾਝੀ ਬੋਲੀ ਜਾਂਦੀ ਹੈ। ਬਿਆਸ ਦਰਿਆ ਦੇ ਦੁਆਬੇ ਵਾਲੇ ਪਾਸੇ ਲੱਗਦੇ ਖੇਤਰਾਂ ਵਿੱਚ ਮਾਝੀ ਬੋਲੀ ਜਾਂਦੀ ਹੈ। * ਮਾਝੀ ਦੀਆਂ ਭਾਸ਼ਾਈ ਵਿਸ਼ੇਸ਼ਤਾਵਾਂ ਧੁਨੀ ਵਿਉਂਤ ਧੁਨੀ ਵਿਉਂਤ ਦੇ ਪੱਖ ਤੋਂ ਸੁਰ (tone) ਮਾਝੀ ਦੀ ਉੱਘੀ ਵਿਸ਼ੇਸ਼ਤਾ ਹੈ। ਮਾਝੀ ਵਿੱਚ ਤਿੰਨ ਸੁਰਾਂ - ਉੱਚੀ, ਨੀਵੀਂ ਅਤੇ ਪੱਧਰੀ ਉਚਾਰੀਆਂ ਜਾਂਦੀਆਂ ਹਨ। ਸੁਰਾੀਂ ਦੀ ਹੋਂਦ ਨਾਦੀ-ਮਹਾਂਪ੍ਰਾਣ ਧੁਨੀਆਂ /ਘ,ਝ,ਢ,ਧ,ਭ/ ਅਤੇ ਸੁਰਯੰਤਰੀ ਧੁਨੀ /ਹ/ ਆਦਿ ਵੱਖ ਵੱਖ ਸਥਿਤੀਆਂ ਉੱਤੇ ਨਿਰਭਰ ਕਰਦਾ ਹੈ। ਮਾਝੀ ਦੇ ਸ਼ਬਦ ਦੀਆਂ ਤਿੰਨੇ ਸਥਿਤੀਆਂ ਵਿੱਚ /ਹ/ ਧੁਨੀ ਸੁਰ ਵਿੱਚ ਬਦਲ ਜਾਂਦੀ ਹੈ। ਮਿਸਾਲ ਵਜੋਂ 'ਹੋਰ' ਦਾ ਮਾਝੀ ਉਚਾਰਨ'ਓਰ੍ਹ', ਤੁਹਾਡਾ ਦਾ 'ਤਿਅ੍ਹਾ ਡਾ' ਅਤੇ 'ਜਾਹ' ਦਾ 'ਜਾਅ੍ਹ' ਹੈ। ਇਸ ਦੇ ਮੁਕਾਬਲੇ ਮਲਵਈ ਵਿੱਚ /ਹ/ ਦਾ ਵਿਅੰਜਨੀ ਸਰੂਪ ਕਈ ਥਾਵਾਂ ਉੱਤੇ ਕਾਇਮ ਰਹਿੰਦਾ ਹੈ। ਮਾਝੀ ਵਿੱਚ ਦੋਵੇਂ /ਲ/ ਧੁਨੀਆਂ ਫੁਨੀਮਕ ਪੱਖੋਂ ਸਾਰਥਕ ਹਨ। ਮਾਝੀ ਵਿੱਚ ਸਵਰਾਂ ਦਾ 'ਨਿਰਸੰਧੀ' ਝੁਕਾ ਵੀ ਜਾਰੀ ਹੈ ਭਾਵ ਮਾਝੇ ਵਿੱਚ ਆਮ ਤੌਰ ਉੱਤੇ /ਔ/ ਧੁਨੀ ਨੂੰ /ਆਉ/ ਹੀ ਉਚਾਰਦੇ ਹਨ। ਜਿਵੇਂ ਕਰਾਉਣਾ, ਸੁਣਾਉਣਾ ਆਦਿ ਨਿਰਸੰਧੀ ਉਚਾਰਨ ਮਾਝੀ ਹੈ, ਪਰ ਇਸ ਦੇ ਮੁਕਾਬਲੇ ਤੇ ਮਲਵਈ ਵਿੱਚ ਕਰੌਣਾ, ਸਣੌਣਾ ਸੰਧੀਯੁਕਤ ਉਚਾਰਨ ਮਿਲਦਾ ਹੈ। ਉਂਜ ਲਿਖਤ ਵਿੱਚ ਭਾਵੇਂ ਮਲਵਈ ਵੀ ਮਾਝੀ ਵਾਂਗ ਹੀ ਲਿਖੀ ਜਾਂਦੀ ਹੈ। ਆਮ ਪੰਜਾਬੀ ਵਿੱਚ ਨਾਸਕੀ ਵਿਅੰਜਨ ਤਿੰਨ (ਣ, ਨ, ਮ) ਹੀ ਉਚਾਰੇ ਜਾਂਦੇ ਹਨ, ਪਰ ਮਾਝੀ ਵਿੱਚ ਕਿਤੇ ਕਿਤੇ /ਙ/ ਤੇ /ਞ/ ਦੀ ਹੋਂਦ ਵੀ ਹੈ। * ਮਾਝੀ ਵਿਆਕਰਨ ਵਿਆਕਰਨ ਪੱਖੋਂ ਵੀ ਬਹੁਤੀ ਵੱਖਰਤਾ ਨਹੀਂ ਹੈ, ਬਹੁਤ ਭੇਦ ਉਚਾਰਨ ਅਤੇ ਸ਼ਬਦਾਵਲੀ ਦਾ ਹੀ ਹੁੰਦਾ ਹੈ। ਜਿਵੇਂ ਮਾਝੀ ਦਾ ਬੁਲਾਰਾ 'ਤੁਹਾਡਾ' ਪੜਨਾਂਵ ਨੂੰ ਧਿਆਡਾ, ਧਿਆਡੇ ਅਤੇ ਤੁਹਾਨੂੰ ਦੀ ਥਾਂ ਧਿਆਨੂੰ ਜਾਂ ਤਿਆਨੂੰ ਉਚਾਰਦੇ ਹਨ। ਇਸੇਤਰਾਂ ਮਾਝੀ ਦੇ ਕੁਝ ਸ਼ਬਦ ਬਿਲਕੁਲ ਨਿਵੇਕਲੇ ਹਨ। ਜਿਵੇਂ: ਵਾਂਢੇ, ਸਲੂਣਾ, ਰੁਮਾਨ, ਖੜਨਾ, ਭਾਊ, ਭਾ, ਛਾਹਵੇਲਾ, ਲੌਢਾ ਵੇਲਾ (ਤਰਕਾਲਾਂ), ਗਾੜੀ (ਅੱਗੇ), ਝਬਦੇ (ਛੇਤੀ), ਕੂਣਾ (ਕਹਿਣਾ), ਬੁੱਢੀ (ਘਰਵਾਲੀ), ਯਾਰਾਂ (ਗਿਆਰਾਂ), ਹਵੇਲੀ (ਪਸ਼ੂਆਂ ਦਾ ਵਾੜਾ) ਅਤੇ ਟੱਲੀ (ਲੀਰ) ਆਦਿ ਅਨੇਕ ਸ਼ਬਦ ਹਨ, ਜਿਹੜੀਆਂ ਦੂਜੀਆਂ ਉਪਭਾਸ਼ਾਵਾਂ ਅਤੇ ਸਟੈਂਡਰਡ ਪੰਜਾਬੀ ਵਿੱਚ ਨਹੀਂ ਵਰਤੇ ਜਾਂਦੇ। ਵਿਆਕਰਨ ਦੇ ਪੱਖ ਤੋਂ ਮਾਝੀ ਦੀ ਵਿਲੱਖਣਤਾ ਇਹ ਜ਼ਰੂਰ ਹੈ ਕਿ ਮਾਝੀ ਭਾਸ਼ਾ ਮਲਵਈ ਦੇ ਮੁਕਾਬਲੇ ਸੰਜੋਗਾਤਮਿਕ ਰੁਚੀਆਂ ਦੀ ਧਾਰਨੀ ਹੈ। ਮਾਝੀ ਵਿੱਚ 'ਨੇ' ਸੰਬੰਧਕ ਬਹੁਤ ਘੱਟ ਹੈ। ਮਾਝੀ ਵਿੱਚ /ਉਸ ਕਿਹਾ, ਕਿਨ ਕਿਹਾ, ਇਨ ਕਿਹਾ, ਹੱਥੀਂ ਕੀਤਾ, ਅੱਖੀਂ ਡਿੱਠਾ, ਗੱਡੀਓ ਲੱਥਾ/ ਆਦਿ ਸੰਜੋਗਾਤਮਿਕ ਬਣਤਰਾਂ ਬੋਲਣ ਦੀ ਰੁਚੀ ਹੈ। ਇਸੇਤਰਾਂ ਮਾਝੀ ਦੇ ਭੂਤਕਾਲੀ ਕਿਰਦੰਤ ਰੂਪ ਵੀ ਦੂਜੀਆਂ ਉਪਭਾਸ਼ਾਵਾਂ ਨਾਲੋਂ ਫ਼ਰਕ ਵਾਲੇ ਹਨ। /-ਇਆ/ ਅੰਤਕ ਕਿਰਦੰਤੀ ਰੂਪ ਆਮ ਪੰਜਾਬੀ ਲੱਛਣ ਹਨ। ਜਿਵੇਂ 'ਪੜ੍ਹ' ਤੋਂ 'ਪੜ੍ਹਿਆ, 'ਕਰ' ਤੋਂ 'ਕਰਿਆ ਆਦਿ ਪਰ ਇਨ੍ਹਾਂ ਦਾ ਨਿਕਟ-ਤਤਸਮੀ ਰੂਪ /ਕੀਤਾ, ਸੀਤਾ/ਵੀ ਵਰਤੋਂ ਵਿੱਚ ਆਉਦਾ ਹੈ। ਮਾਝੀ ਵਿੱਚ ਆਮ ਨਾਲੋਂ ਵੱਧ ਅਜਿਹੇ ਰੂਪ ਪਰਚੱਲਿਤ ਹਨ, ਜਿਵੇਂ ਕਿ ਡਿੱਠਾ, ਰਿੱਧਾ, ਧੋਤਾ, ਗੁੱਧਾ ਆਦਿ। ਮਾਝੀ ਵਿੱਚ ਕੁਝ ਹੋਰ ਨਿਵੇਕਲੇ ਤੱਤ ਕਿਰਿਆ ਦੇ ਅਖ਼ੀਰ ਵਿੱਚ ਜੁੜਵੇਂ ਬੋਲੇ ਜਾਂਦੇ ਹਨ। ਜਿਵੇਂ ਕਿ ਆਖਿਆ ਸੂ, ਕੀ ਕੀਤਾ ਸੂ ਆਦਿ।
|
|
05 Nov 2011
|